ਅਨੰਦ ਕਾਰਜ
(ਓ) ਸਿੱਖ ਸਿੱਖਣੀ ਦਾ ਵਿਆਹ, ਬਿਨਾਂ ਜ਼ਾਤ-ਪਾਤ, ਗੋਤ ਵਿਚਾਰ ਦੇ ਹੋਣਾ ਚਾਹੀਏ।
(ਅ) ਸਿੱਖ ਦੀ ਪੁੱਤਰੀ ਦਾ ਵਿਆਹ ਸਿੱਖ ਨਾਲ ਹੀ ਹੋਵੇ ।
(ੲ) ਸਿੱਖ ਦਾ ਵਿਆਹ 'ਅਨੰਦ' ਰੀਤੀ ਨਾਲ ਕਰਨਾ ਚਾਹੀਏ ।
(ਸ) ਲੜਕੀ ਲੜਕੇ ਦਾ ਵਿਆਹ ਬਚਪਨ ਵਿਚ ਕਰਨਾ ਵਿਵਰਜਿਤ ਹੈ।
(ਹ) ਜਦ ਲੜਕੀ ਸਰੀਰ, ਮਨ ਤੇ ਅਚਾਰ ਕਰ ਕੇ ਵਿਆਹ ਕਰਨ ਦੇ ਯੋਗ ਹੋ ਜਾਵੇ ਤਾਂ ਕਿਸੇ ਯੋਗ ਸਿੱਖ ਨਾਲ 'ਅਨੰਦ' ਪੜ੍ਹਾਇਆ ਜਾਵੇ ।
(ਕ) 'ਅਨੰਦ' ਤੋਂ ਪਹਿਲਾਂ ਕੁੜਮਾਈ ਦੀ ਰਸਮ ਜਰੂਰੀ ਨਹੀਂ, ਪਰ ਜੇ ਕਰਨੀ ਹੋਵੇ ਤਾਂ ਲੜਕੀ ਵਾਲੇ ਕਿਸੇ ਦਿਨ ਸੰਗਤ ਜੇਡ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹਜੂਰ ਅਰਦਾਸਾ ਸੋਧ ਕੇ ਇਕ ਕ੍ਰਿਪਾਨ ਕੜਾ ਤੇ ਕੁਝ ਮਿੱਠਾ ਲੜਕੇ ਦੇ ਪੱਲੇ ਪਾ ਦੇਣ ।
(ਖ) 'ਅਨੰਦ' ਦਾ ਦਿਨ ਮੁਕਰਰ ਕਰਨ ਲੱਗਿਆਂ ਕੋਈ ਥਿਤ-ਵਾਰ, ਚੰਗੇ-ਮੰਦੇ ਦਿਨ ਦੀ ਖੋਜ ਕਰਨ ਲਈ ਪੱਤ੍ਰੀ ਵਾਚਣਾ ਮਨਮਤ ਹੈ । ਕੋਈ ਦਿਨ ਜੋ ਦੋਹਾਂ ਧਿਰਾਂ ਨੂੰ ਆਪਸ ਵਿਚ ਸਲਾਹ ਕਰਕੇ ਚੰਗਾ ਦਿਸੇ, ਨੀਯਤ ਕਰ ਲੈਣਾ ਚਾਹੀਏ ।
(ਗ) ਸਿਹਰਾ, ਮੁਕਟ ਜਾਂ ਗਾਨਾ ਬੰਨ੍ਹਣਾ, ਪਿਤਰ ਪੂਜਣੇ, ਕੱਚੀ ਲੱਸੀ ਵਿਚ ਪੈਰ ਪਾਉਣਾ, ਬੇਰੀ ਜਾਂ ਜੰਡੀ ਵੱਢਣੀ, ਘੜੋਲੀ ਭਰਨੀ, ਰੁਸ ਕੇ ਜਾਣਾ, ਛੰਦ ਪੜ੍ਹਨੇ, ਹਵਨ ਕਰਨਾ, ਵੇਦੀ ਗੱਡਣੀ, ਵੇਸਵਾ ਦਾ ਨਾਚ, ਸ਼ਰਾਬ ਆਦਿ ਮਨਮਤ ਹੈ।
(ਘ) ਜਿਤਨੇ ਥੋੜੇ ਆਦਮੀ ਲੜਕੀ ਵਾਲਾ ਮੰਗਾਵੇ, ਉਤਨੇ ਨਾਲ ਲੈ ਕੇ ਲੜਕਾ ਸਹੁਰੇ ਘਰ ਜਾਵੇ। ਦੋਹੀਂ ਪਾਸੀਂ ਗੁਰਬਾਣੀ ਦੇ ਸ਼ਬਦ ਗਾਏ ਜਾਣ ਤੇ ਫਤਹਿ ਗਜਾਈ ਜਾਵੇ।
(ਚ) ਵਿਆਹ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹਜੂਰ ਦੀਵਾਨ ਲੱਗੇ । ਸੰਗਤ ਜਾਂ ਰਾਗੀ ਕੀਰਤਨ ਕਰਨ । ਫਿਰ ਲੜਕੀ ਤੇ ਲੜਕਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹਜੂਰ ਬਿਠਾਏ ਜਾਣ । ਲੜਕੀ, ਲੜਕੇ ਦੇ ਖੱਬੇ ਪਾਸੇ ਬੈਠੇ । ਸੰਗਤ ਦੀ ਆਗਿਆ ਲੈ ਕੇ' ਅਨੰਦ' ਪੜਾਉਣ ਵਾਲਾ ਸਿੱਖ (ਮਰਦ ਜਾਂ ਇਸਤਰੀ) ਲੜਕੇ ਲੜਕੀ ਤੇ ਉਨ੍ਹਾਂ ਦਿਆਂ ਮਾਪਿਆਂ ਜਾਂ ਸਰਬਰਾਹਾਂ ਨੂੰ ਖੜ੍ਹਾ ਕਰਕੇ 'ਅਨੰਦ' ਦੇ ਆਰੰਭ ਦਾ ਅਰਦਾਸਾ ਸੋਧੇ । ਫਿਰ ਉਹ ਲੜਕੇ ਲੜਕੀ ਨੂੰ ਗੁਰਮਤਿ ਅਨੁਸਾਰ ਗ੍ਰਹਿਸਥ ਧਰਮ ਦੇ ਫਰਜਾਂ ਦਾ ਉਪਦੇਸ਼ ਕਰੇ। ਪਹਿਲੇ ਦੋਹਾਂ ਨੂੰ ਸਾਂਝਾ ਉਪਦੇਸ਼ ਕਰੇ। ਇਸ ਵਿਚ ਸੂਹੀ ਰਾਗ ਦੀਆਂ ਲਾਵਾਂ ਦੇ ਭਾਵ ਅਨੁਸਾਰ ਪਤੀ ਪਤਨੀ ਦੇ ਸਬੰਧ ਨੂੰ ਜੀਵ ਤੇ ਪ੍ਰਮਾਤਮਾਂ ਦੇ ਪਿਆਰ ਦੇ ਨਮੂਨੇ ਉਤੇ ਢਾਲਣ ਦੀ ਵਿਧੀ ਦੱਸੇ ।
ਆਪਸ ਵਿਚ ਪ੍ਰੇਮ ਦਵਾਰਾ ਏਕ ਜੋਤਿ ਦੁਇ ਮੂਰਤੀ ਹੋਣਾ ਦੱਸੇ ਤੇ ਇਸ ਤਰ੍ਹਾਂ ਗ੍ਰਹਿਸਥ ਧਰਮ ਨਿਬਾਹੁਦੇ ਹੋਏ ਆਪਣੇ ਸਾਂਝੇ ਭਰਤਾ' ਅਕਾਲ ਪੁਰਖ' ਨਾਲ ਇਕ-ਮਿਕ ਹੋਣਾ ਦ੍ਰਿੜਾਵੇ । ਦੋਹਾਂ ਨੇ ਇਸ ਸੰਯੋਗ ਨੂੰ ਮਨੁੱਖਾ ਜਨਮ ਦੀ ਯਾਤਰਾ ਨੂੰ ਸਫਲਤਾ ਨਾਲ ਨਿਬਾਹੁਣ ਦਾ ਸਾਧਨ ਬਣਾਉਣਾ ਹੈ । ਦੋਹਾਂ ਨੇ ਇਸ ਸੰਯੋਗ ਦੇ ਰਾਹੀਂ ਪਵਿੱਤਰ ਤੇ ਗੁਰਮੁਖੀ ਜੀਵਨ ਬਿਤਾਉਣਾ ਹੈ।