ਕੁਛ ਕਿਹਾ ਤਾਂ ਹਨ੍ਹੇਰਾ ਜਰੇਗਾ ਕਿਵੇਂ
ਚੁੱਪ ਰਿਹਾ ਤਾਂ ਸ਼ਮ੍ਹਾਦਾਨ ਕੀ ਕਹਿਣਗੇ
ਗੀਤ ਦੀ ਮੌਤ ਇਸ ਰਾਤ ਜੇ ਹੋ ਗਈ
ਮੇਰਾ ਜੀਣਾ ਮੇਰੇ ਯਾਰ ਕਿੰਝ ਸਹਿਣਗੇ
ਇਸ ਅਦਾਲਤ 'ਚ ਬੰਦੇ ਬਿਰਖ ਹੋ ਗਏ
ਫੈਸਲੇ ਸੁਣਦਿਆਂ ਸੁਣਦਿਆਂ ਸੁਕ ਗਏ
ਆਖੋ ਏਨ੍ਹਾਂ ਨੂੰ ਉਜੜੇ ਘਰੀਂ ਜਾਣ ਹੁਣ
ਇਹ ਕਦੋਂ ਤੀਕ ਏਥੇ ਖੜੇ ਰਹਿਣਗੇ
ਯਾਰ ਮੇਰੇ ਜੁ ਇਸ ਆਸ ਤੇ ਮਰ ਗਏ
ਕਿ ਮੈਂ ਓਨ੍ਹਾਂ ਦੇ ਦੁਖ ਦਾ ਬਣਾਵਾਂਗਾ ਗੀਤ
ਜੇ ਮੈਂ ਚੁਪ ਹੀ ਰਿਹਾ ਜੇ ਮੈਂ ਕੁਛ ਨਾ ਕਿਹਾ
ਬਣ ਕੇ ਰੂਹਾਂ ਸਦਾ ਭਟਕਦੇ ਰਹਿਣਗੇ।