ਜੋ ਬਦੇਸਾਂ 'ਚ ਰੁਲਦੇ ਨੇ ਰੋਜ਼ੀ ਲਈ
ਉਹ ਜਦੋਂ ਦੇਸ ਪਰਤਣਗੇ ਅਪਣੇ ਕਦੀ
ਕੁਝ ਤਾਂ ਸੇਕਣਗੇ ਮਾਂ ਦੇ ਸਿਵੇ ਦੀ ਅਗਨ
ਬਾਕੀ ਕਬਰਾਂ ਦੇ ਰੁਖ ਹੇਠ ਜਾ ਬਹਿਣਗੇ
ਕੀ ਇਹ ਇਨਸਾਫ਼ ਹਉਮੈ ਦੇ ਪੁਤ ਕਰਨਗੇ
ਕੀ ਇਹ ਖ਼ਾਮੋਸ਼ ਪੱਥਰ ਦੇ ਬੁਤ ਕਰਨਗੇ
ਜੋ ਸਲੀਬਾਂ ਤੇ ਟੰਗੇ ਨੇ ਲੱਥਣੇ ਨਹੀਂ
ਰਾਜ ਬਦਲਣਗੇ ਸੂਰਜ ਚੜ੍ਹਨ ਲਹਿਣਗੇ
ਇਹ ਜੁ ਰੰਗਾਂ 'ਚ ਚਿਤਰੇ ਨੇ ਖੁਰ ਜਾਣਗੇ
ਇਹ ਜੋ ਮਰਮਰ 'ਚ ਉਕਰੇ ਨੇ ਮਿਟ ਜਾਣਗੇ
ਬਲਦੇ ਹੱਥਾਂ ਨੇ ਜਿਹੜੇ ਹਵਾ ਵਿਚ ਲਿਖੇ
ਹਰਫ਼ ਓਹੀ ਹਮੇਸ਼ਾ ਲਿਖੇ ਰਹਿਣਗੇ
ਇਹ ਵੀ ਸ਼ਾਇਦ ਮੇਰਾ ਆਪਣਾ ਵਹਿਮ ਹ
ਕੋਈ ਦੀਵਾ ਜਗੇਗਾ ਮੇਰੀ ਕਬਰ 'ਤੇ
ਜੇ ਹਵਾ ਇਹ ਰਹੀ ਕਬਰਾਂ ਉਤੇ ਤਾਂ ਕੀ
ਸਭ ਘਰਾਂ 'ਚ ਵੀ ਦੀਵੇ ਬੁਝੇ ਰਹਿਣਗੇ