ਖੇਡੋਗੇ ਸ਼ਤਰੰਜ ਜੇ ਮਰ ਚੁੱਕਿਆਂ ਦੇ ਨਾਲ
ਆਪ ਹੀ ਚੱਲਣੀ ਪਵੇਗੀ ਓਨ੍ਹਾਂ ਦੀ ਵੀ ਚਾਲ
ਦੂਜੇ ਰੋਜ਼ ਦਹਾੜਦਾ, ਦਿਨ ਸੀ ਚਾਰ ਪਹਾੜ ਦਾ
ਰਾਤੀਂ ਤਾਰੇ ਰੁੜ੍ਹ ਗਏ, ਦਰਿਆਵਾਂ ਦੇ ਨਾਲ
ਪੁੰਨ ਸੀ ਖ਼ਬਰੇ ਪਾਪ ਸੀ, ਜਾਂ ਫਿਰ ਅੱਲ੍ਹਾ ਆਪ ਸੀ
ਘਰ ਦੀ ਸਰਦਲ ਟੱਪ ਗਈ ਦਰਿਆਵਾਂ ਦੀ ਚਾਲ
ਜੰਗਲ ਪੀਲਾ ਜ਼ਰਦ ਸੀ, ਅਸਮਾਨਾਂ ਤੇ ਗਰਦ ਸੀ
ਪੌਣਾਂ ਵਿਚ ਸੀ ਉਲਝਿਆ, ਸਾਹਾਂ ਦਾ ਜੰਜਾਲ
ਪ੍ਰੇਤ ਸੀ ਖਬਰੇ ਪੌਣ ਸੀ, ਭੇਤ ਨਹੀਂ ਕੁਛ ਕੌਣ ਸੀ
ਰਹਿੰਦਾ ਸੀ ਕੁਛ ਹੌਂਕਦਾ, ਰਲ ਕੇ ਸਾਹਾਂ ਨਾਲ
ਉੱਗੇ ਪੱਤੇ ਤੋੜ ਲੈ, ਗਿਣ ਗਿਣ ਕੇ ਛਿਣ ਮੋੜ ਲੈ
ਲੈ ਸਾਹਾਂ ਤੋਂ ਤੋੜ ਲੈ, ਮਹਿਕਾਂ ਦਾ ਜੰਜਾਲ
ਮੈਂ ਕਿਉਂ ਪੱਥਰ ਹੋ ਗਿਆ, ਤੂੰ ਕਿਉਂ ਪਾਣੀ ਹੀ ਰਿਹਾ
ਰਿਸ਼ਮਾਂ ਦੀ ਤਲਵਾਰ ਤੂੰ ਮੈਂ ਕਿਉਂ ਬਣ ਗਿਆ ਢਾਲ
ਜਿਸ ਦਿਨ ਮੈਂ ਮਜ਼ਲੂਮ ਸਾਂ, ਉਸ ਦਿਨ ਨਜ਼ਮ ਆਸਾਨ ਸੀ
ਹੁਣ ਕੁਝ ਮੇਰਾ ਆਖਣਾ ਹੋ ਗਿਆ ਅੱਤ ਮੁਹਾਲ