ਦਿਨ ਰਾਤ ਵਿਚਲਾ ਫ਼ਾਸਿਲਾ

ਇਸ ਤਰਾਂ ਹੈ ਜਿਸ ਤਰਾਂ ਦਿਨ ਰਾਤ ਵਿਚਲਾ ਫ਼ਾਸਿਲਾ

ਮੇਰੀਆਂ ਰੀਝਾਂ ਮੇਰੀ ਔਕਾਤ ਵਿਚਲਾ ਫ਼ਾਸਿਲਾ

ਲਫ਼ਜ਼ ਤਾਂ ਸਾਊ ਬਹੁਤ ਨੇ, ਯਾ ਖ਼ੁਦਾ ਬਣਿਆ ਰਹੇ

ਮੇਰਿਆਂ ਲਫ਼ਜ਼ਾਂ ਮੇਰੇ ਜਜ਼ਬਾਤ ਵਿਚਲਾ ਫ਼ਾਸਿਲਾ

ਹਾਂ ਮੈਂ ਆਪੇ ਹੀ ਕਿਹਾ ਸੀ ਹੋਂਠ ਸੁੱਚੇ ਰੱਖਣੇ

ਹਾਇ ਪਰ ਇਸ ਪਿਆਸ ਤੇ ਉਸ ਬਾਤ ਵਿਚਲਾ ਫ਼ਾਸਿਲਾ

ਜੇ ਬਹੁਤ ਪਿਆਸ ਹੈ ਤਾਂ ਮੇਟ ਦੇਵਾਂ ਉਸ ਕਿਹਾ

ਰਿਸ਼ਤਿਆਂ ਤੇ ਰਿਸ਼ਤਿਆਂ ਦੇ ਘਾਤ ਵਿਚਲਾ ਫ਼ਾਸਿਲਾ

ਧਰਮ ਹੈ, ਇਖ਼ਲਾਕ ਹੈ, ਕਾਨੂੰਨ ਹੈ, ਇਹ ਕੌਣ ਹੈ

ਮੇਰਿਆਂ ਬਿਰਖਾਂ ਤੇਰੀ ਬਰਸਾਤ ਵਿਚਲਾ ਫ਼ਾਸਿਲਾ

ਉਸਦੀਆਂ ਗੱਲਾਂ ਸੁਣੋ ਕੀ ਰੰਗ ਕੀ ਕੀ ਰੌਸ਼ਨੀ

ਹਾਇ ਪਰ ਕਿਰਦਾਰ ਤੇ ਗਲਬਾਤ ਵਿਚਲਾ ਫ਼ਾਸਿਲਾ

ਜ਼ਹਿਰ ਦਾ ਪਿਆਲਾ ਮੇਰੇ ਹੋਂਠਾਂ ਤੇ ਕੇ ਰੁਕ ਗਿਆ

ਰਹਿ ਗਿਆ ਮੇਰੇ ਅਤੇ ਸੁਕਰਾਤ ਵਿਚਲਾ ਫ਼ਾਸਿਲਾ

📝 ਸੋਧ ਲਈ ਭੇਜੋ