ਦੁੱਖ ਦਰਿਆ ਸਮੁੰਦਰ ਬਣ ਗਏ, ਟੁੱਟੇ ਸੱਭ ਸਹਾਰੇ ।
ਆਸਾਂ ਨੂੰ ਇੰਝ ਢਾਵਾਂ ਲੱਗੀਆਂ, ਖੁਰ-ਖੁਰ ਗਏ ਕਿਨਾਰੇ ।
ਹੁਣ ਤੇ ਦਿਲ ਵਿੱਚ ਕਿਧਰੇ ਵੀ ਕੋਈ, ਆਸਾ ਉਮੀਦ ਨਹੀਂ ਵਸਦੀ,
ਇੱਕ-ਇੱਕ ਕਰਕੇ ਬੁਝੇ ਆਖ਼ਰ, ਇਹ ਸਭ ਨੂਰ-ਮੁਨਾਰੇ ।
ਲੱਖ ਕਰੋੜਾਂ ਪੁੱਤਰ ਹੁੰਦਿਆਂ, ਰੁਲਾਂ ਮੈਂ ਕੱਲਮ-ਕੱਲੀ,
ਬੇਲੇ ਵਿੱਚ ਇਕ ਮਾਈ ਖਲੋਤੀ, ਰੋ-ਰੋ ਪਈ ਪੁਕਾਰੇ ।
ਹਰਫ਼ ਵਿਚਾਰੇ ਅੱਡੀਆਂ ਚੁੱਕ-ਚੁੱਕ ਏਧਰ-ਉੱਧਰ ਦੇਖਣ,
ਖ਼ੂਨ ਦਾ ਵੱਤਰ ਲਾਵੇ ਕਿਹੜਾ ? ਸਾਨੂੰ ਕੌਣ ਪੁਕਾਰੇ ?
ਅਪਣੀ ਜਾਨ ਤਲੀ 'ਤੇ ਧਰਕੇ, ਛਾਤੀ ਤਾਣ ਖਲੋਵੇ,
ਮਾਂ-ਬੋਲੀ 'ਤੇ ਪਹਿਰਾ ਦੇਵੇ ! ਕੋਈ ਨਾ ਪੱਥਰ ਮਾਰੇ ।
ਚਿਰ ਹੋਇਆ ਏ ਧਰਤੀ ਉੱਤੇ ਰੌਣਕ-ਮੇਲਾ ਲੱਗਿਆਂ,
ਆ ਜਾ ਸੂਲ਼ੀ ਚੜ੍ਹਕੇ ਨੱਚੀਏ, ਦੇਖਣ ਲੋਕ ਨਜ਼ਾਰੇ ।
ਜੋ ਕੁਝ ਕਰਨੈਂ ਅੱਜ ਹੀ ਕਰਲੈ, ਕੱਲ੍ਹ ਕਿਸੇ ਨਹੀਂ ਦੇਖੀ,
ਓੜਕ ਇਕ ਦਿਨ ਵੱਜ ਜਾਣੇ ਨੇ 'ਆਸ਼ਿਕ' ਕੂਚ-ਨਗਾਰੇ ।