ਜਾਚ ਮੈਨੂੰ ਆ ਗਈ

ਜਾਚ ਮੈਨੂੰ ਗਈ ਗ਼ਮ ਖਾਣ ਦੀ

ਹੌਲੀ ਹੌਲੀ ਰੋ ਕੇ ਜੀ ਪਰਚਾਣ ਦੀ

ਚੰਗਾ ਹੋਇਆ ਤੂੰ ਪਰਾਇਆ ਹੋ ਗਿਉਂ,

ਮੁੱਕ ਗਈ ਚਿੰਤਾ ਤੈਨੂੰ ਅਪਨਾਣ ਦੀ

ਮਰ ਤੇ ਜਾਂ ਪਰ ਡਰ ਹੈ ਦੱਮਾਂ ਵਾਲਿਓ,

ਧਰਤ ਵੀ ਵਿਕਦੀ ਹੈ ਮੁੱਲ ਸ਼ਮਸ਼ਾਨ ਦੀ

ਨਾ ਦਿਓ ਮੈਨੂੰ ਸਾਹ ਉਧਾਰੇ ਦੋਸਤੋ,

ਲੈ ਕੇ ਮੁੜ ਹਿੰਮਤ ਨਹੀਂ ਪਰਤਾਣ ਦੀ

ਨਾ ਕਰੋ 'ਸ਼ਿਵ' ਦੀ ਉਦਾਸੀ ਦਾ ਇਲਾਜ,

ਰੋਣ ਦੀ ਮਰਜ਼ੀ ਹੈ ਅੱਜ ਬੇਈਮਾਨ ਦੀ

📝 ਸੋਧ ਲਈ ਭੇਜੋ