ਕੰਮੀਆਂ ਦਾ ਵਿਹੜਾ

ਮਾਂ ਧਰਤੀਏ ! ਤੇਰੀ ਗੋਦ ਨੂੰ ਚੰਨ ਹੋਰ ਬਥੇਰੇ

ਤੂੰ ਮਘਦਾ ਰਈਂ ਵੇ ਸੂਰਜਾ ਕੰਮੀਆਂ ਦੇ ਵੇਹੜੇ

ਜਿੱਥੇ ਤੰਗ ਨਾ ਸਮਝਣ ਤੰਗੀਆਂ ਨੂੰ

ਜਿੱਥੇ ਮਿਲਣ ਅੰਗੂਠੇ ਸੰਘੀਆਂ ਨੂੰ

ਜਿੱਥੇ ਵਾਲ ਤਰਸਦੇ ਕੰਘੀਆਂ ਨੂੰ

ਨੱਕ ਵਗਦੇ, ਅੱਖਾਂ ਚੁੰਨ੍ਹੀਆਂ ਤੇ ਦੰਦ ਕਰੇੜੇ

ਤੂੰ ਮਘਦਾ ਰਈਂ ਵੇ ਸੂਰਜਾ……

ਜਿੱਥੇ ਰੂਹ ਬਣਗੀ ਇੱਕ ਹਾਵਾ ਹੈ

ਜਿੱਥੇ ਜ਼ਿੰਦਗੀ ਇੱਕ ਪਛਤਾਵਾ ਹੈ

ਜਿੱਥੇ ਕੈਦ ਅਣਖ ਦਾ ਲਾਵਾ ਹੈ

ਜਿੱਥੇ ਅਕਲ ਮਸੋਸੀ ਮੁੜ ਪਈ ਖਾ ਰੋਜ਼ ਥਪੇੜੇ

ਤੂੰ ਮਘਦਾ ਰਈਂ ਵੇ ਸੂਰਜਾ……

ਜਿੱਥੇ ਲੋਕ ਬੜੇ ਮਜਬੂਰ ਜਿਹੇ

ਦਿੱਲੀ ਦੇ ਦਿਲ ਤੋਂ ਦੂਰ ਜਿਹੇ

ਤੇ ਭੁੱਖਾਂ ਵਿਚ ਮਸ਼ਹੂਰ ਜਿਹੇ

ਜਿੱਥੇ ਮਰ ਕੇ ਚਾਂਭਲ ਜਾਂਵਦੇ ਹਨ ਭੂਤ ਜਠੇਰੇ

ਤੂੰ ਮਘਦਾ ਰਈਂ ਵੇ ਸੂਰਜਾ……

ਜਿੱਥੇ ਬੰਦਾ ਜੰਮਦਾ ਸੀਰੀ ਹੈ

ਟਕਿਆਂ ਦੀ ਮੀਰੀ ਪੀਰੀ ਹੈ

ਜਿੱਥੇ ਕਰਜ਼ੇ ਹੇਠ ਪੰਜੀਰੀ ਹੈ

ਬਾਪੂ ਦੇ ਕਰਜ਼ ਦਾ ਸੂਦ ਨੇ ਪੁੱਤ ਜੰਮਦੇ ਜੇਹੜੇ

ਤੂੰ ਮਘਦਾ ਰਈਂ ਵੇ ਸੂਰਜਾ……

ਜੇ ਸੋਕਾ ਇਹ ਹੀ ਸੜਦੇ ਨੇ

ਜੇ ਡੋਬਾ ਇਹ ਹੀ ਮਰਦੇ ਨੇ

ਸਭ ਕਹਿਰ ਇਨ੍ਹਾਂ ਸਿਰ ਵਰ੍ਹਦੇ ਨੇ

ਜਿੱਥੇ ਫ਼ਸਲਾਂ ਨੇ ਛੱਡ ਜਾਂਦੀਆਂ ਅਰਮਾਨ ਤ੍ਰੇੜੇ

ਤੂੰ ਮੱਘਦਾ ਰਈਂ ਵੇ ਸੂਰਜਾ……

ਜਿੱਥੇ ਹਾਰ ਮੰਨ ਲਈ ਚਾਵਾਂ ਨੇ

ਜਿੱਥੇ ਕੂੰਜ ਘੇਰ ਲਈ ਕਾਵਾਂ ਨੇ

ਜਿੱਥੇ ਅਣਵਿਆਹੀਆਂ ਹੀ ਮਾਵਾਂ ਨੇ

ਜਿੱਥੇ ਧੀਆਂ ਹੌਕੇ ਲੈਂਦੀਆਂ ਅਸਮਾਨ ਜਡੇਰੇ

ਤੂੰ ਮੱਘਦਾ ਰਈਂ ਵੇ ਸੂਰਜਾ……

ਜਿੱਥੇ ਰੋਟੀ ਵਿੱਚ ਮਨ ਘੁੱਟਿਆ ਹੈ

ਜਿੱਥੇ ਨ੍ਹੇਰਾ ਦੱਬ ਕੇ ਜੁੱਟਿਆ ਹੈ

ਜਿੱਥੇ ਗ਼ੈਰਤ ਦਾ ਤਗ ਟੁੱਟਿਆ ਹੈ

ਜਿੱਥੇ ਕੇ ਵੋਟਾਂ ਵਾਲਿਆਂ ਟਟਵੈਰ ਸਹੇੜੇ

ਤੂੰ ਮੱਘਦਾ ਰਈਂ ਵੇ ਸੂਰਜਾ……

ਤੂੰ ਆਪਣਾ ਆਪ ਮਚਾਂਦਾ ਹੈਂ

ਪਰ ਆਪਾ ਹੀ ਰੁਸ਼ਨਾਂਦਾ ਹੈਂ

ਕਿਉਂ ਕੰਮੀਆਂ ਤੋਂ ਸ਼ਰਮਾਂਦਾ ਹੈਂ

ਇਹ ਸਦਾ ਸਦਾ ਨਾ ਰਹਿਣਗੇ ਮੰਦਹਾਲ ਮਰੇੜੇ

ਤੂੰ ਮੱਘਦਾ ਰਈਂ ਵੇ ਸੂਰਜਾ……

📝 ਸੋਧ ਲਈ ਭੇਜੋ