ਕਿਰਦਾਰ ਨੇ ਵਿਕਾਊ, ਈਮਾਨ ਵਿਕ ਰਹੇ ਨੇ।
ਹੁਣ ਤਾਂ ਸ਼ਰੇ-ਬਾਜ਼ਾਰੀਂ ਇਨਸਾਨ ਵਿਕ ਰਹੇ ਨੇ।
ਨਾ ਦਰਦ ਕੋਈ ਜਾਣੇ, ਨਾ ਰੋਗ ਨੂੰ ਪਛਾਣੇ,
ਇਸ ਸ਼ਹਿਰ ਵਿਚ ਮਸੀਹੇ, ਲੁਕਮਾਨ ਵਿਕ ਰਹੇ ਨੇ।
ਹਵਸਾਂ ਦੇ ਦੌਰ ਅੰਦਰ ਇਹ ਹਾਦਸਾ ਸੀ ਹੋਣਾ,
ਦਿਲ, ਜਾਨ, ਰੀਝਾਂ, ਸੱਧਰਾਂ, ਅਰਮਾਨ ਵਿਕ ਰਹੇ ਨੇ।
ਇਹ ਸ਼ਹਿਰ ਪੱਥਰਾਂ ਦਾ, ਪੱਥਰ ਹੀ ਪੂਜਦਾ ਹੈ,
ਏਥੇ ਗਲੀ-ਗਲੀ ਵਿਚ ਭਗਵਾਨ ਵਿਕ ਰਹੇ ਨੇ।
ਤੂੰ, ਮੈਂ ਤਾਂ ਆਮ ਵਸਤੂ, ਕੀ ਆਪਣੀ ਹੈ ਹਸਤੀ,
ਚਾਂਦੀ ਦੇ ਪੰਨਿਆਂ 'ਤੇ ਵਿਦਵਾਨ ਵਿਕ ਰਹੇ ਨੇ।
ਸਿਰਤਾਜ, ਤਖ਼ਤ, ਸ਼ੁਹਰਤ, ਸਨਮਾਨ 'ਮਾਨ' ਕੀ-ਕੀ,
ਥਾਂ-ਥਾਂ ਟਕੇ-ਟਕੇ ਵਿਚ ਧਨਵਾਨ ਵਿਕ ਰਹੇ ਨੇ।