ਸ਼ਰੀਂਹ ਦੇ ਫੁੱਲ

ਦਿਲ ਦੇ ਝੱਲੇ ਮਿਰਗ ਨੂੰ ਲੱਗੀ ਹੈ ਤੇਹ

ਪਰ ਨੇ ਦਿਸਦੇ ਹਰ ਤਰਫ਼ ਵੀਰਾਨ ਥੇਹ

ਕੀ ਕਰਾਂ ? ਕਿਥੋਂ ਬੁਝਾਵਾਂ ਮੈਂ ਪਿਆਸ,

ਹੋ ਗਏ ਬੰਜਰ ਜਿਹੇ ਦੋ ਨੈਣ ਇਹ

ਥਲ ਹੋਏ ਦਿਲ 'ਚੋਂ ਗ਼ਮਾਂ ਦੇ ਕਾਫ਼ਲੇ,

ਰੋਜ਼ ਲੰਘਦੇ ਨੇ ਉਡਾ ਜਾਂਦੇ ਨੇ ਖੇਹ

ਦੁਆਰ ਦਿਲ ਦੇ ਖਾ ਗਈ ਹਠ ਦੀ ਸਿਉਂਕ,

ਖਾ ਗਈ ਚੰਦਨ ਦੀ ਦੇਹ ਬਿਰਹੋਂ ਦੀ ਲੇਹ

ਰਤਨ ਖ਼ੁਸ਼ੀਆਂ ਦੇ ਮਣਾਂ ਮੂੰਹ ਪੀਹ ਲਏ,

ਇਕ ਪਰਾਗਾ ਰੋੜ ਪਰ ਹੋਏ ਨਾ ਪੀਹ

ਮਨ ਮੋਏ ਦਾ ਗਾਹਕ ਨਾ ਮਿਲਿਆ ਕੋਈ,

ਤਨ ਦੀ ਡੋਲੀ ਦੇ ਮਿਲੇ ਪਰ ਰੋਜ਼ ਵੀਹ

ਚਿਰ ਹੋਇਆ ਮੇਰੇ ਮੁਹਾਣੇ ਡੁੱਬ ਗਏ,

ਹੁਣ ਸਹਾਰੇ ਖ਼ਿਜ਼ਰ ਦੇ ਦੀ ਲੋੜ ਕੀਹ ?

ਜਾਣਦੇ ਬੁਝਦੇ ਯਸੂ ਦੇ ਰਹਿਨੁਮਾ,

ਚਾੜ੍ਹ ਆਏ ਬੇ-ਗੁਨਾਹ ਸੂਲੀ ਮਸੀਹ

ਮੇਰਿਆਂ ਗੀਤਾਂ ਦੀ ਮੈਨਾਂ ਮਰ ਗਈ,

ਰਹਿ ਗਿਆ ਪਾਂਧੀ ਮੁਕਾ ਪਹਿਲਾ ਹੀ ਕੋਹ

ਆਖ਼ਰੀ ਫੁੱਲ ਵੀ ਸ਼ਰੀਂਹ ਦਾ ਡਿੱਗ ਪਿਆ,

ਖਾ ਗਿਆ ਸਰਸਬਜ਼ ਜੂਹਾਂ ਸਰਦ ਪੋਹ

ਚੰਨ ਦੀ ਰੋਟੀ ਪਕਾਈ ਤਾਰਿਆਂ,

ਬਦਲੀਆਂ ਮਰ ਜਾਣੀਆਂ ਗਈਆਂ ਲੈ ਖੋਹ

ਗੋਂਦਵੀਂ ਆਸਾਂ ਦੀ ਡੋਰੀ ਟੁੱਟ ਗਈ,

ਧਾਣ ਚਿੜੀਆਂ ਠੂੰਗ ਲਏ ਥੋਥੇ ਨੇ ਤੋਹ

ਪੈ ਗਈਆਂ ਫੁੱਲਾਂ ਦੇ ਮੂੰਹ 'ਤੇ ਝੁਰੜੀਆਂ,

ਤਿਤਲੀਆਂ ਦੀ ਹੋ ਗਈ ਧੁੰਦਲੀ ਨਿਗਾਹ

ਫੂਕ ਘੱਤੇ ਪਰ ਕਿਸੇ ਅੱਜ ਮੋਰ ਦੇ,

ਹਫ਼ ਗਏ ਕਿਸੇ ਭੌਰ ਦੇ ਉੱਡ-ਉੱਡ ਕੇ ਸਾਹ

ਵਗ ਰਹੀ ਹੈ ਓਪਰੀ ਜਿਹੀ ਅੱਜ ਹਵਾ,

ਲੌਂਗ ਊਸ਼ਾ ਦੇ, ਦੀ ਹੈ ਕੁਝ ਹੋਰ ਭਾਹ

ਫੂਕ ਲੈਣੇ ਨੇ ਮੈਂ ਢਾਰੇ ਆਪਣੇ,

ਭੁੱਲ ਜਾਣੇ ਨੇ ਮੈਂ ਆਪਣੇ ਆਪ ਰਾਹ

ਦੂਰ ਹੋ ਕੇ ਬਹਿ ਦਿਲ ਦੀਏ ਹਸਰਤੇ,

ਛੂਹ ਨਾ ਪੀੜਾਂ ਮਾਰੀਏ ਮੈਨੂੰ ਨਾ ਛੂਹ

ਖਾਣ ਦੇ ਜਿੰਦੂ ਨੂੰ ਕੱਲਰ ਸੋਗ ਦੇ,

ਮਹਿਕੀਆਂ ਰੋਹੀਆਂ ਦੇ ਵੱਲ ਇਹਨੂੰ ਨਾ ਧੂਹ

ਥੱਕ ਗਈ ਮੂੰਹ-ਜ਼ੋਰ ਜਿੰਦ ਲਾਹ ਲੈ ਲਗਾਮ,

ਨਰੜ ਕੇ ਬੰਨ੍ਹ ਲੈ ਮੇਰੀ ਬੇਚੈਨ ਰੂਹ

ਪੀਣ ਦੇ ਆਡਾਂ ਨੂੰ ਪਾਣੀ ਪੀਣ ਦੇ,

ਭਰ ਨਸਾਰਾਂ ਵਹਿਣ ਦੇ ਨੈਣਾਂ ਦੇ ਖੂਹ

📝 ਸੋਧ ਲਈ ਭੇਜੋ