ਕਈ ਚੇਤ ਗੁਜ਼ਰੇ ਤੇ ਸਾਵਣ ਵੀ ਆਏ
ਇਹ ਦਿਲ ਨਹੀਂ ਖਲੋਇਆ ਤੇਰੇ ਜਾਣ ਮਗਰੋਂ।
ਤੂੰ ਆਵੇਂ ਤਾਂ ਨਹਿਰਾਂ, ਚੁਰਾਹਿਆਂ ਨੇ ਦੱਸਣੈ
ਕਿ ਕੀ ਕੀ ਹੈ ਹੋਇਆ ਤੇਰੇ ਜਾਣ ਮਗਰੋਂ।
ਇਹ ਗਲ਼ੀਆਂ ਨੇ ਰੋਈਆਂ, ਇਹ ਕੰਧਾਂ ਵੀ ਰੋਈਆਂ,
ਤੇ ਥੜ੍ਹਿਆਂ ਦੀ ਰੌਣਕ ਨੂੰ ਡੱਸ ਗਈ ਉਦਾਸੀ,
ਇਹ ਦਿਲ ਜੋ ਰਿਹਾ ਏ ਸਦਾ ਗੁਣਗੁਣਾਉਂਦਾ
ਸੁਭਾ ਸ਼ਾਮ ਰੋਇਆ ਤੇਰੇ ਜਾਣ ਮਗਰੋਂ।
ਉਹ ਰੁੱਤਾਂ ਨਾ ਮੁੜੀਆਂ, ਉਹ ਮੌਸਮ ਨਾ ਪਰਤੇ,
ਤੇ ਬਾਗਾਂ 'ਚ ਸੁਣਦੇ ਨੇ ਨਗਮੇ ਉਦਾਸੇ,
ਸੁਰਾਂ ਨੇ ਵੀ ਮੇਰੇ ਨਾ ਪੋਟੇ ਪਛਾਣੇ,
ਜਦੋਂ ਸਾਜ਼ ਛੋਹਿਆ ਤੇਰੇ ਜਾਣ ਮਗਰੋਂ।
ਤੇਰੀ ਪੈੜ ਸੁੰਘਦੇ ਨੇ ਗਦਰੇ ਤੇ ਸਾਵੇ,
ਤੇ ਸੁੱਕਗੇ ਬਰੋਟੇ ਤੇਰੀ ਦੀਦ ਬਾਝੋਂ;
ਹੈ ਨੱਚਦੀ ਚੁਫੇਰੇ ਸਦਾ ਮੌਤ ਅੱਜਕੱਲ੍ਹ,
ਹੈ ਜੀਵਨ ਖਲੋਇਆ ਤੇਰੇ ਜਾਣ ਮਗਰੋਂ।
ਇਹ ਅਮਨਾਂ ਦੇ ਰਾਖੇ, ਇਹ ਲੋਕਾਂ ਦੇ ਮੋਢੀ,
ਬੜਾ ਨਾਜ਼ ਕਰਦੇ ਨੇ ਦੇ ਦੇ ਤਸੀਹੇ,
ਹੈ ਚੁਣ ਚੁਣ ਕੇ ਮਾਰੀ ਬੇਦੋਸ਼ੀ ਜਵਾਨੀ,
ਤੇ ਕੰਜਕਾਂ ਨੂੰ ਕੋਹਿਆ ਤੇਰੇ ਜਾਣ ਮਗਰੋਂ।
ਹੈ ਮਾਤਾ ਵਿਚਾਰੀ ਤਾਂ ਮੰਜੀ ਨੂੰ ਲੱਗ ਗਈ,
ਤੇ ਭੈਣਾਂ ਭਰਾਵਾਂ ਨੇ ਲਏ ਨੇ ਹੌਕੇ,
ਮੈਂ ਬਾਪੂ ਵਿਚਾਰੇ ਦਾ ਕੀ ਹਾਲ ਆਖਾਂ,
ਨਾ ਜਿਉਂਦਾ ਨਾ ਮੋਇਆ ਤੇਰੇ ਜਾਣ ਮਗਰੋਂ।
ਖੁਸ਼ੀ ਏ ਤੇਰਾ ਲਾਲ ਤੇਰੇ ਹੀ ਵਾਂਗੂੰ ਹੈ
ਹੱਕ ਤੇ ਨਿਆਂ ਲਈ ਬੇਚੈਨ ਹੋਇਆ,
ਇਹ ਕੌਮੀ ਅਮਾਨਤ ਤੁਰੀ ਕੌਮ ਖਾਤਰ,
ਮੈਂ ਘਰ ਨਹੀਂ ਲਕੋਇਆ ਤੇਰੇ ਜਾਣ ਮਗਰੋਂ।